Skip to content

ਜਲੰਧਰ ਕਮਿਸ਼ਨਰੇਟ ਪੁਲਸ ਨੇ 1.6 ਕਿਲੋ ਅਫੀਮ ਸਮੇਤ ਇਕ ਨੂੰ ਗ੍ਰਿਫਤਾਰ ਕੀਤਾ ਹੈ

ਜਲੰਧਰ ਕਮਿਸ਼ਨਰੇਟ ਪੁਲਸ ਨੇ 1.6 ਕਿਲੋ ਅਫੀਮ ਸਮੇਤ ਇਕ ਨੂੰ ਗ੍ਰਿਫਤਾਰ ਕੀਤਾ ਹੈ
Share Facebook X WhatsApp Telegram Email
View in ePaper

ਸੀਪੀ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ, 8 ਅਗਸਤ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ਵਿੱਚ ਅਫੀਮ ਦੀ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਇੱਕ ਗਿਰੋਹ ਸ਼ਹਿਰ ਵਿੱਚ ਅਫੀਮ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੂਬੇ 'ਚ ਚੌਕਸੀ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 1 ਜਲੰਧਰ ਦੀ ਇੱਕ ਟੀਮ ਸੀਜੇਐਸ ਪਬਲਿਕ ਸਕੂਲ ਸਰਵਿਸ ਲੇਨ ਜੀ.ਟੀ ਰੋਡ ਜਲੰਧਰ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੇ ਬਿਧੀਪੁਰ ਪਿੰਡ ਵਾਲੇ ਪਾਸੇ ਤੋਂ ਇੱਕ ਵਿਅਕਤੀ ਨੂੰ ਹੈਂਡਬੈਗ ਲੈ ਕੇ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮ ਨੇ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਹੈਂਡਬੈਗ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਿਸ ਵਿੱਚੋਂ 1.6 ਕਿਲੋ ਅਫੀਮ ਬਰਾਮਦ ਹੋਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਿਸ ਦੀ ਪਛਾਣ ਰਾਮ ਪਰਸ਼ਾਦ ਪੁੱਤਰ ਸੀਆ ਰਾਮ ਵਾਸੀ ਪਿੰਡ ਕਮੂਆ ਪੀ.ਐਸ ਬੰਦ ਬੋਰਾ ਜ਼ਿਲ੍ਹਾ ਬਰੇਲੀ ਉੱਤਰ ਪ੍ਰਦੇਸ਼ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਡਿਵੀਜ਼ਨ ਨੰਬਰ 1 ਵਿਖੇ ਐਫ.ਆਈ.ਆਰ 111 ਮਿਤੀ 03-08-2024 ਤਹਿਤ 18-61-85 ਐਨ.ਡੀ.ਪੀ.ਐਸ ਐਕਟ ਦਰਜ ਕਰ ਲਿਆ ਹੈ।ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀ ਨੇ ਕਬੂਲ ਕੀਤਾ ਕਿ ਉਹ ਇੱਕ ਰਿਕਸ਼ਾ ਚਲਾਉਂਦਾ ਸੀ , ਪਰ ਆਰਥਿਕ ਤੰਗੀ ਕਾਰਨ ਉਸ ਨੇ ਰੋਜ਼ੀ ਰੋਟੀ ਕਮਾਉਣ ਲਈ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਹੋਰ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਮੁਲਜ਼ਮ ਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਮਿਲਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ ਅਤੇ ਸ਼ਹਿਰ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।