
Police Commissioner Kuldeep Chahal and SSP Jalandhar gave a special message to Amritpal, Amritpal's vehicle was recovered with weapons.
ਅੰਮ੍ਰਿਤਪਾਲ ਸਿੰਘ ਦੀ ਭਾਲ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚ ਕਾਨੂੰਨ ਵਿਵਸਥਾ ਬਣਾਏ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਵਲੋਂ ਸ਼ੁਰੂ ਕੀਤੇ ਆਪ੍ਰੇਸ਼ਨ ‘ਚ ਕੀਤੇ ਚੁੱਕ ਨਹੀਂ ਹੋਈ। ਇਹ ਚੋਰ ਪੁਲਿਸ ਦਾ ਖੇਡ ਹੈ। ਕਈ ਵਾਰ ਅਜਿਹਾ ਹੋ ਜਾਂਦਾ ਹੈ ਪਰ ਅਸੀਂ ਜਲਦੀ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਵਾਂਗੇ।
ਐਸ.ਐਸ.ਪੀ. ਜਲੰਧਰ ਸਵਰਨਦੀਪ ਸਿੰਘ ਨੇ ਮੀਡੀਆ ਜ਼ਰੀਏ ਅੰਮ੍ਰਿਤਪਾਲ ਸਿੰਘ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਹ ਸਾਨੂੰ ਸੁਣ ਜਾਂ ਦੇਖ ਰਿਹਾ ਹੋਵੇ ਤਾਂ ਇਹੀ ਕਹਿਣਾ ਹੈ ਕਿ ਇਹ ਕਾਨੂੰਨ ਦੀ ਲੜਾਈ ਹੈ, ਜਿਸ ਦਾ ਅੰਮ੍ਰਿਤਪਾਲ ਸਿੰਘ ਨੂੰ ਸਾਹਮਣਾ ਕਰਨਾ ਚਾਹੀਦਾ ਹੈ। ਕਾਨੂੰਨ ਮੁਤਾਬਕ ਜੋ ਵੀ ਕਾਰਵਾਈ ਹੋਵੇਗੀ ਉਹ ਹੀ ਕੀਤੀ ਜਾਵੇਗੀ।

ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਵਲੋਂ ਲਗਾਤਾਰ ਕੋਸ਼ਿਸ਼ ਜਾਰੀ ਹੈ। ਜਾਣਕਾਰੀ ਅਨੁਸਾਰ ਜਿਸ ਗੱਡੀ ਵਿਚ ਅੰਮ੍ਰਿਤਪਾਲ ਸਿੰਘ ਭੱਜ ਰਿਹਾ ਸੀ, ਉਸ ਗੱਡੀ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ।
ਇਹ ਬਰਾਮਦਗੀ ਜਲੰਧਰ ਦਿਹਾਤੀ ਪੁਲਿਸ ਵਲੋਂ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ਜ਼ਬਤ ਕੀਤੀ ਗੱਡੀ ਵਿਚੋਂ ਹਥਿਆਰ ਵੀ ਬਰਾਮਦ ਹੋਏ ਹਨ। ਦੱਸ ਦੇਈਏ ਕਿ ਜਲੰਧਰ ਦਿਹਾਤੀ ਪੁਲਿਸ ਨੇ ਮਹਿਤਪੁਰ ਦੇ ਪਿੰਡ ਸਲੇਮਾ ਤੋਂ ਇਹ ਗੱਡੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਗੱਡੀ ਵਿਚੋਂ ਕਿਰਪਾਨ, 315 ਬੋਰ ਰਾਈਫ਼ਲ ਅਤੇ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਗੱਡੀ ਲਾਕ ਸੀ। ਐਸ.ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜੋ ਕੱਲ੍ਹ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਬੈਠਾ ਨਜ਼ਰ ਆ ਰਿਹਾ ਸੀ, ਇਹ ਉਹੀ ਗੱਡੀ ਹੈ।
You Might Also Like